ਕੀ ਪੁੱਛਦਿਉ ਹਾਲ ਫ਼ਕੀਰਾਂ ਦਾ
ਸਾਡਾ ਨਦੀਓਂ ਵਿਛੜੇ ਨੀਰਾਂ ਦਾ
ਸਾਡਾ ਹੰਝ ਦੀ ਜੂਨੇ ਆਇਆਂ ਦਾ
ਸਾਡਾ ਦਿਲ ਜਲਿਆਂ ਦਿਲਗੀਰਾਂ ਦਾ !
ਇਹ ਜਾਣਦਿਆਂ ਕੁਝ ਸ਼ੋਖ਼ ਜਹੇ
ਰੰਗਾਂ ਦਾ ਹੀ ਨਾਂ ਤਸਵੀਰਾਂ ਹੈ
ਜਦ ਹੱਟ ਗਏ ਅਸੀਂ ਇਸ਼ਕੇ ਦੀ
ਮੁੱਲ ਕਰ ਬੈਠੇ ਤਸਵੀਰਾਂ ਦਾ !
ਸਾਨੂੰ ਲੱਖਾਂ ਦਾ ਤਨ ਲੱਭ ਗਿਆ
ਪਰ ਇਕ ਦਾ ਮਨ ਵੀ ਨਾ ਮਿਲਿਆ
ਕਿਆ ਲਿਖਿਆ ਕਿਸੇ ਮੁਕੱਦਰ ਸੀ
ਹੱਥਾਂ ਦੀਆਂ ਚਾਰ ਲਕੀਰਾਂ ਦਾ !
ਤਕਦੀਰ ਤਾਂ ਆਪਣੀ ਸੌਂਕਣ ਸੀ
ਤਦਬੀਰਾਂ ਸਾਥੋਂ ਨਾ ਹੋਈਆਂ
ਨਾ ਝੰਗ ਛੁੱਟਿਆ ਨਾ ਕੰਨ ਪਾਟੇ
ਝੁੰਡ ਲੰਘ ਗਿਆ ਇੰਜ ਹੀਰਾਂ ਦਾ !
ਮੇਰੇ ਗੀਤ ਵੀ ਲੋਕ ਸੁਣੀਂਦੇ ਨੇ
ਨਾਲੇ ਕਾਫ਼ਿਰ ਆਖ ਸਦੀਂਦੇ ਨੇ
ਮੈਂ ਦਰਦ ਨੂੰ ਕਅਬਾ ਕਹਿ ਬੈਠਾ
ਰੱਬ ਨਾਂ ਰੱਖ ਬੈਠਾ ਪੀੜਾਂ ਦਾ !
ਮੈਂ ਦਾਨਸ਼ਵਰਾਂ ਸੁਣੀਂਦਿਆਂ ਸੰਗ
ਕਈ ਵਾਰ ਉੱਚੀ ਬੋਲ ਪਿਆ
ਕੁਝ ਮਾਨ ਸੀ ਸਾਨੂੰ ਇਸ਼ਕੇ ਦਾ ,
ਕੁਝ ਦਾਅਵਾ ਵੀ ਸੀ ਪੀੜਾਂ ਦਾ !
ਤੂੰ ਖ਼ੁਦ ਨੂੰ ਆਕਲ ਕਹਿੰਦਾ ਹੈਂ
ਮੈਂ ਖ਼ੁਦ ਨੂੰ ਆਸ਼ਿਕ ਦੱਸਦਾ ਹਾਂ
ਇਹ ਲੋਕਾਂ ‘ਤੇ ਛੱਡ ਦੇਈਏ
ਕਿਨੂੰ ਮਾਨ ਨੇ ਦੇਂਦੇ ਪੀਰਾਂ ਦਾ !