ਹੱਥੀਂ ਯਾਦਾਂ ਦੇ ਸ਼ਹਿਰ ਉਜਾੜ ਦਿੱਤੇ
ਖ਼ਤ ਯਾਰ ਦੇ ਚੁੰਮੇ ਤੇ ਪਾੜ ਦਿੱਤੇ
ਸਾਡੇ ਨਾਲ਼ ਦੇ ਵਿਕ ਗਏ ਮਹਿਲ ਲੈ ਕੇ
ਅਸੀਂ ਕੁੱਲੀ ਦੇ ਕੱਖ ਵੀ ਸਾੜ ਦਿੱਤੇ
ਜਿੰਨੇ ਦੁੱਖ ਸੀ ਦਿਲ ਦੀ ਜੇਲ ਅੰਦਰ
ਤਾਲਾ ਸਬਰ ਦਾ ਲਾਇਆ ਤੇ ਤਾੜ ਦਿੱਤੇ
ਕਿਤੇ ਇੱਟਾਂ ਦਾ ਮੀਂਹ ਤੇ ਇਸ਼ਕ ਝੱਲਾ
ਕਿਤੇ ਇਸ਼ਕ ਨੇ ਕੱਟ ਪਹਾੜ ਦਿੱਤੇ
ਏਸ ਨਸ਼ੇ ਦੀ ਧੁੱਪ ਨੂੰ ਕਹਿਰ ਆਖੋ,
ਜਿਨ੍ਹੇਂ ਫੁੱਲਾਂ ਦੇ ਰੰਗ ਵਗਾੜ ਦਿੱਤੇ
ਜੁੱਤੀ ਬਾਲਾਂ ਦੀ ਲੈਣ ਲਈ ਮਾਲ ਵੀ ਦੇਹ,
ਰੱਬਾ ! ਜਿਵੇਂ ਇਹ ਜੇਠ ਤੇ ਹਾੜ ਦਿੱਤੇ